ਨਵੀਂ ਦਿੱਲੀ, 1 ਅਕਤੂਬਰ 2026: ਬ੍ਰਿਟੇਨ ਦੇ ਸਕਾਟਲੈਂਡ ਨਾਲ ਸਬੰਧਤ ਸਿੱਖ ਜਗਤਾਰ ਸਿੰਘ ਜੌਹਲ, ਜਿਨ੍ਹਾਂ ਨੂੰ ਜੱਗੀ ਜੌਹਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਅੱਜ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਗਏ। ਉਹ ਨਵੰਬਰ 2017 ਤੋਂ ਭਾਰਤ ਵਿੱਚ ਹਿਰਾਸਤ ਵਿੱਚ ਸਨ ਅਤੇ ਲਗਭਗ 9 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।
ਦਿੱਲੀ ਹਾਈ ਕੋਰਟ ਵੱਲੋਂ 18 ਸਤੰਬਰ ਨੂੰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਸੀ, ਪਰ ਕਾਨੂੰਨੀ ਅਤੇ ਪ੍ਰਸ਼ਾਸਕੀ ਕਾਰਵਾਈ ਪੂਰੀ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਤੁਰੰਤ ਨਹੀਂ ਹੋ ਸਕੀ। ਇਸ ਤੋਂ ਬਾਅਦ ਉਨ੍ਹਾਂ ਦੀ ਲਗਾਤਾਰ ਹਿਰਾਸਤ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਅਤੇ ਆਖ਼ਰਕਾਰ 1 ਅਕਤੂਬਰ ਨੂੰ ਉਹ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ।
ਜੇਲ੍ਹ ਤੋਂ ਬਾਹਰ ਆਉਣ ਸਮੇਂ ਜੌਹਲ ਦਾ ਪਰਿਵਾਰ ਅਤੇ ਸਮਰਥਕ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਸਨ। ਸਾਹਮਣੇ ਆਈਆਂ ਤਸਵੀਰਾਂ ਅਤੇ ਵੀਡੀਓ ਵਿੱਚ ਉਨ੍ਹਾਂ ਨੂੰ ਫੁੱਲਾਂ ਅਤੇ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ ਦੇਖਿਆ ਗਿਆ।
ਹਾਲਾਂਕਿ ਇਹ ਰਿਹਾਈ ਜ਼ਮਾਨਤ ’ਤੇ ਹੋਈ ਹੈ। ਉਨ੍ਹਾਂ ਖ਼ਿਲਾਫ਼ ਚੱਲ ਰਹੇ ਹੋਰ ਮਾਮਲੇ ਹਾਲੇ ਖ਼ਤਮ ਨਹੀਂ ਹੋਏ ਅਤੇ ਉਨ੍ਹਾਂ ਨੂੰ ਅਦਾਲਤ ਵੱਲੋਂ ਲਗਾਈਆਂ ਜ਼ਮਾਨਤੀ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ।
